ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਂਆਂ ਛੁੱਟੀਆਂ ਵਿਚ ਸ਼ਾਮਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਮੁੜ ਤੋਂ ਗਜ਼ਟਿਡ ਛੁੱਟੀਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ੧੬੯੯ਈ: ਵਿਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ ਸੀ ਅਤੇ ਖ਼ਾਲਸਾ ਪੰਥ ਇਸ ਦਿਹਾੜੇ ਨੂੰ ਆਪਣੇ ਜਨਮ ਦਿਨ ਵਜੋਂ ਮਨਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਬਹੁ-ਗਿਣਤੀ ਵਾਲੇ ਸੂਬੇ ਪੰਜਾਬ ਵਿਚ ਹੀ ਇਸ ਦਿਨ ਦੀ ਪ੍ਰਵਾਨਤ ਛੁੱਟੀ ਬੰਦ ਕਰ ਦੇਣੀ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ, ਜਦਕਿ ਇਸ ਦਿਹਾੜੇ ਨੂੰ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਵੱਡੇ ਪੱਧਰ ‘ਤੇ ਮਨਾਉਣ ਦੀ ਆਰੰਭਤਾ ਕੀਤੀ ਗਈ ਹੈ।
ਸੰਬੰਧਤ ਖ਼ਬਰ: ਕੈਪਟਨ ਸਰਕਾਰ ਵੱਲੋਂ ਸਾਲ 2018 ਲਈ 18 ਗਜ਼ਟਿਡ ਅਤੇ 39 ਰਾਖਵੀਆਂ ਛੁੱਟੀਆਂ ਦੀ ਸੂਚੀ ਜਾਰੀ …
ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕੈਨੇਡਾ ਸਰਕਾਰ ਦਾ ਹਵਾਲਾ ਦਿੱਤਾ, ਜਿਥੇ ਸੰਸਦ ਵਿਚ ਖ਼ਾਲਸਾ ਸਾਜਨਾ ਦਿਹਾੜੇ ਨੂੰ ਮਨਾਉਣ ਦੀ ਪਹਿਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਾਰੀ ਕੀਤੀ ਛੁੱਟੀਆਂ ਦੀ ਸੂਚੀ ਵਿਚ ਤੁਰੰਤ ਸੋਧ ਕਰੇ ਅਤੇ ਖ਼ਾਲਸਾ ਸਾਜਨਾ ਦੇ ਦਿਹਾੜੇ ਦੀ ਪ੍ਰਵਾਨਤ ਛੁੱਟੀ ਬਹਾਲ ਕਰੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਰਾਖਵੀਂ ਛੁੱਟੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਰਾਖਵੀਂ ਛੁੱਟੀ ਦੀ ਥਾਂ ਗਜਟਡ ਛੁੱਟੀ ਕਰਨ ਦੀ ਮੰਗ ਵੀ ਕੀਤੀ ਹੈ।