April 20, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਟਲੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸਜੱਣ ਦੀ ਭਾਰਤ ਫੇਰੀ ਦੌਰਾਨ 1984 ਦੇ ਸਿੱਖ ਕਤਲੇਆਮ ਬਾਰੇ ਕੈਨੇਡਾ ਵਲੋਂ ਪਾਸ ਕੀਤੇ ਮਤੇ ਬਾਰੇ ਇਤਰਾਜ਼ ਜਤਾਇਆ।
ਫੂਲਕਾ ਨੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਇਸ ਮੁੱਦੇ ਉਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਜੋ ਕਿ ਕੇਂਦਰ ਸਰਕਾਰ ਵਿਚ ਭਾਈਵਾਲ ਹੈ ਅਤੇ ਹਰਸਿਮਰਤ ਕੌਰ ਬਾਦਲ ਉਸੇ ਸਰਕਾਰ ਵਿਚ ਮੰਤਰੀ ਹੈ ਨੇ ਇਸ ਮਾਮਲੇ ਉਤੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਬਾਦਲਾਂ ਦੇ ਆਪਣੇ ਨਿੱਜੀ ਹਿੱਤ ਇਸ ਮਹਤਵਪੂਰਣ ਕਾਰਜ ਨਾਲੋਂ ਉਚੇਰੇ ਹਨ।
ਫੂਲਕਾ ਨੇ ਕਿਹਾ ਕਿ ਬਾਦਲ ਦਲ ਅਤੇ ਹਰਸਿਮਰਤ ਦੀ ਚੁੱਪੀ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ ਨੂੰ ਬਲ ਦਿੰਦੀ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਕੈਨੇਡਾ ਦੇ ਰੱਖਿਆ ਮੰਤਰੀ ਬਾਰੇ ਕੀਤੀ ਬਿਆਨਬਾਜ਼ੀ ਕੈਨੇਡਾ ਦੀ ਪਾਰਲੀਮੈਂਟ ਵਲੋਂ 1984 ਦੇ ਕਤਲੇਆਮ ਨੂੰ ਨਸਲਕੁਸ਼ੀ ਕਹਿਣ ਤੋਂ ਰੋਕਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਓਂਟਾਰੀਓ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਇਸ ਮਤੇ ਨਾਲ ਕਤਲੇਆਮ ਲਈ ਦੋਸ਼ੀ ਕਾਂਗਰਸੀ ਆਗੂਆਂ ਨੂੰ ਸਜਾਵਾਂ ਮਿਲਣ ਵਿਚ ਮਦਦ ਮਿਲੇਗੀ।
Related Topics: Aam Aadmi Party, Advocate Harwinder Singh Phoolka, Arun Jaitley, BJP, Canadian Government, Harjit Singh Sajjan, Indian Satae, ਸਿੱਖ ਨਸਲਕੁਸ਼ੀ 1984 (Sikh Genocide 1984)