Site icon Sikh Siyasat News

ਯੂਨਾਈਟਿਡ ਅਕਾਲੀ ਦਲ ਨੇ 2019 ਲੋਕ ਸਭਾ ਚੋਣਾਂ ਲਈ ਬਸਪਾ ਨਾਲ ਹੱਥ ਮਿਲਾਇਆ

ਯੂਨਾਇਟਿਡ ਅਕਾਲੀ ਦਲ ਦੇ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਮੋਹਕਮ ਸਿੰਘ, ਡਾ. ਭਗਵਾਨ ਸਿੰਘ ਮੀਡੀਆ ਨਾਲ ਗੱਲਬਾਤ ਕਰਦੇ ਹੋਏ

ਚੰਡੀਗੜ੍ਹ: ਯੂਨਾਈਟਿਡ ਅਕਾਲੀ ਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਬਹੁਜਨ ਸਮਾਜ ਪਾਰਟੀ ਨਾਲ ਹੱਥ ਮਿਲਾਉਣ ਦਾ ਐਲਾਨ ਕੀਤਾ ਹੈ। ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਬਸਪਾ ਮੁਖੀ ਬੀਬੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣਾ ਚਾਹੀਦਾ ਹੈ।

ਦੋਵੇਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਬਸਪਾ ਪੰਜਾਬ ਦੇ ਇੰਚਾਰਜ ਨਾਲ ਇਸ ਸਬੰਧ ਵਿੱਚ ਗੱਲਬਾਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਵਿਰੋਧੀ ਪਾਰਟੀਆਂ ਕੋਲ ਪਹੁੰਚ ਕਰਨਗੇ ਅਤੇ ਜ਼ੋਰ ਪਾਉਣਗੇ ਕਿ ਘੱਟ ਗਿਣਤੀ ਅਤੇ ਦਲਿਤ ਵਰਗ ਦੀ ਯੋਗ ਨੁਮਾਇੰਦਗੀ ਕਰਨ ਲਈ ਉਹ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਬੀਬੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਬਣਾਉਣ ਦੀ ਸਹਿਮਤੀ ਦੇਣ।

ਭਾਈ ਗੁਰਦੀਪ ਸਿੰਘ ਨੇ ਕਿਹਾ ਕਿ ਉਹ ਮੁਸਲਮਾਨਾਂ, ਇਸਾਈਆਂ, ਪੰਥਕ ਸ਼ਖ਼ਸੀਅਤਾਂ ਦਾ ਵਫ਼ਦ ਲੈ ਕੇ ਬੀਬੀ ਮਾਇਆਵਤੀ ਨੂੰ ਜਲਦ ਹੀ ਮਿਲਣਗੇ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹਿੱਤਾਂ, ਜਮਹੂਰੀਅਤ ਦੀ ਕਾਇਮੀ, ਕਾਨੂੰਨ ਦਾ ਰਾਜ ਕਾਇਮ ਕਰਨ ਅਤੇ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਮੋਦੀ ਹਕੂਮਤ ਦਾ ਖਾਤਮਾ ਕਰਨਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਥੇ ਮੁਗਲ ਅਤੇ ਅੰਗਰੇਜ਼ ਰਾਜਾਂ ਦੇ ਖਾਤਮੇ ਲਈ ਅਹਿਮ ਭੂਮਿਕਾ ਨਿਭਾਈ ਸੀ, ਉਸੇ ਤਰ੍ਹਾਂ ਹੁਣ ਮੋਦੀ ਦੀ ਤਾਨਾਸ਼ਾਹੀ ਹਕੂਮਤ ਤੇ ਖਾਤਮੇ ਲਈ ਘੱਟ ਗਿਣਤੀਆਂ, ਦਲਿਤਾਂ, ਖੇਤਰੀ ਪਾਰਟੀਆਂ ਅਤੇ ਜਮਹੂਰੀਅਤ ਦੀ ਆਵਾਜ਼ ਬੁਲੰਦ ਕਰਨ ਲਈ ਸੰਘਰਸ਼ਸ਼ੀਲ ਧਿਰਾਂ ਨੂੰ ਇਕਜੱਟ ਕਰਕੇ ਬੀਬੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਐਲਾਨਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਸਪਾ ਨਾਲ ਗੱਠਜੋੜ ਕਰਨ ਵੇਲੇ ਉਨ੍ਹਾਂ ਦੀ ਧਿਰ ਸੀਟਾਂ ਆਦਿ ਦੀ ਕੋਈ ਸ਼ਰਤ ਨਹੀਂ ਲਾਵੇਗੀ।

ਭਾਈ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ ਬਾਦਲ ਦਲ ਤੇ ਭਾਜਪਾ ਦਾ ਸਫਾਇਆ ਕਰਨ ਲਈ ਸਮੂਹ ਘੱਟ ਗਿਣਤੀਆਂ ਅਤੇ ਦਲਿਤਾਂ ਨੂੰ ਇਕਜੱਟ ਕਰਨ ਲਈ ਪੂਰੀ ਰਣਨੀਤੀ ਘੜ ਲਈ ਗਈ ਹੈ। ਉਨ੍ਹਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬਰਗਾੜੀ ਵਿੱਚ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਲਾਏ ਮੋਰਚੇ ਬਾਰੇ ਗ਼ਲਤ ਪ੍ਰਚਾਰ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਦਾਅਵਾ ਕੀਤਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਸ਼ਰ ਹੋਣ ਤੋਂ ਬਾਅਦ ਬਾਦਲ ਦਲ ਦਾ ਪੰਜਾਬ ਵਿੱਚ ਨਿਕਲਣਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਚੇ ਵਿੱਚ ਕਈ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਵੀ ਸ਼ਾਮਲ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਸ਼ਰ ਕੀਤੀ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version