ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਚੰਡੀਗੜ੍ਹ ਦੀਆਂ ਪੰਚਾਇਤਾਂ ਵੱਲੋਂ ਪੰਜਾਬੀ ਦੇ ਹੱਕ ’ਚ ਮਤੇ ਪਾਸ ਕਰਕੇ 1 ਜੂਨ ਤੋਂ ਸੰਘਰਸ਼ ਕਰਨ ਦਾ ਐਲਾਨ

May 26, 2017 | By

ਚੰਡੀਗੜ੍ਹ: ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਕੇਂਦਰ ਸ਼ਾਸਤ ਚੰਡੀਗੜ੍ਹ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਲਾਗੂ ਕਰਨ ਦੀ ਵਿੱਢੀ ਲੜਾਈ ਵਿਚ ਇਕ ਦਰਜਨ ਤੋਂ ਵੱਧ ਜਥੇਬੰਦੀਆਂ ਨੇ ਸ਼ਾਮਲ ਹੋਣ ਦਾ ਐਲਾਨ ਕਰਕੇ ਹੁਣ ਅੰਤ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਅਤੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਸੰਜੇ ਟੰਡਨ ਭੇਤ ਭਰੇ ਢੰਗ ਨਾਲ ਇਸ ਮਾਮਲੇ ਉਪਰ ਖਾਮੋਸ਼ ਹਨ। ਇਸੇ ਤਰ੍ਹਾਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਅਤੇ ਸਾਬਕਾ ਸੰਸਦ ਮੈਂਬਰ ਪਵਨ ਕੁਮਾਰ ਬਾਂਸਲ ਵੀ ਇਸ ਮੰਗ ਦੇ ਹੱਕ ’ਚ ਆਵਾਜ਼ ਨਹੀਂ ਉਠਾ ਰਹੇ। ਦੂਸਰੇ ਪਾਸੇ ਯੂਨੀਅਨ ਟੈਰੀਟਰੀ (ਯੂਟੀ) ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਪ੍ਰਸ਼ਾਸਨ ਦੀ ਅਫਸਰਸ਼ਾਹੀ ਵੱਲੋਂ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਪ੍ਰਸ਼ਾਸਕੀ ਭਾਸ਼ਾ ਅੰਗਰੇਜ਼ੀ ਨਿਰਧਾਰਤ ਕਰਨ ਵਿਰੁੱਧ ਮਤੇ ਪਾਸ ਕਰਕੇ ਪ੍ਰਸ਼ਾਸਨ ਨੂੰ ਕਸੂਤਾ ਫਸਾ ਦਿੱਤਾ ਹੈ।

ਪੇਂਡੂ ਸੰਘਰਸ਼ ਕਮੇਟੀ ਦੇ ਸਰਪ੍ਰਸਤ ਤੇ ਪਿੰਡ ਸਾਰੰਗਪੁਰ ਦੇ ਸਰਪੰਚ ਬਾਬਾ ਸਾਧੂ ਸਿੰਘ ਤੇ ਬਾਬਾ ਗੁਰਦਿਆਲ ਸਿੰਘ ਜਨਰਲ ਸਕੱਤਰ ਜੋਗਿੰਦਰ ਸਿੰਘ ਬੁੜੈਲ ਅਤੇ ਯੂਥ ਕਲੱਬ ਖੁੱਡਾ ਅਲੀਸ਼ੇਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਆਦਿ ਦੀ ਅਗਵਾਈ ਹੇਠ ਜਥੇ ਵੱਲੋਂ ਪਿੰਡ-ਪਿੰਡ ਜਾ ਕੇ ਇਹ ਮਤੇ ਪਾਸ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਵੀ ਮਾਂ ਬੋਲੀ ਪੰਜਾਬੀ ਨੂੰ ਬਚਾਉਣ ਲਈ 1 ਜੂਨ ਨੂੰ ਸੈਕਟਰ 17 ਵੱਲ ਕੂਚ ਕਰਨ ਦੀ ਚਰਚਾ ਸ਼ੁਰੂ ਹੋ ਗਈ ਹੈ। ਦੂਸਰੇ ਪਾਸੇ ਸਮੂਹ ਗੁਰਦੁਆਰਾ ਸੰਗਠਨ ਦੇ ਚੇਅਰਮੈਨ ਕੈਪਟਨ ਅਜੈਬ ਸਿੰਘ ਅਤੇ ਜਨਰਲ ਸਕੱਤਰ ਰਘਬੀਰ ਸਿੰਘ ਨੇ ਦੱਸਿਆ ਕਿ ਸਮੂਹ ਗੁਰਦੁਆਰਿਆਂ ਵਿਚ ਬੈਨਰ ਲਾ ਕੇ ਮਾਂ ਬੋਲੀ ਨੂੰ ਬਚਾਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ ਅਤੇ 1 ਜੂਨ ਨੂੰ ਪੰਜਾਬੀ ਹਿਤੈਸ਼ੀਆਂ ਨੇ ਆਰ ਜਾਂ ਪਾਰ ਦੀ ਲੜਾਈ ਲੜਣ ਦਾ ਮਨ ਬਣਾ ਲਿਆ ਹੈ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਵੀ ਐਲਾਨ ਕੀਤਾ ਕਿ 1 ਜੂਨ ਨੂੰ ਲੇਖਕ ਅਤੇ ਸਾਹਿਤਕਾਰ ਵੱਡੀ ਗਿਣਤੀ ਵਿਚ ਧਰਨੇ ’ਚ ਸ਼ਾਮਲ ਹੋ ਕੇ ਪ੍ਰਸ਼ਾਸਨ ਦੀ ਪੰਜਾਬੀ ਭਾਸ਼ਾ ਮਾਰੂ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ। ਮੁਲਾਜ਼ਮ ਆਗੂ ਗੁਰਮੇਲ ਸਿੰਘ ਸਿੱਧੂ ਅਤੇ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਵੀ ਮਾਂ ਬੋਲੀ ਦੇ ਸੰਘਰਸ਼ ਵਿਚ ਕੁੱਦਣ ਦਾ ਐਲਾਨ ਕਰ ਦਿੱਤਾ ਹੈ। ਮੰਚ ਦੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਨੇ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕਾਂ ਨੂੰ ਯਾਦ ਪੱਤਰ ਦੇ ਕੇ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਕ ਸਾਜ਼ਿਸ਼ ਤਹਿਤ ਇਸ ਮੰਗ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਧਰਨੇ ਵਿਚ ਸਮੂਹ ਸਾਹਿਤਕ ਸਭਾਵਾਂ, ਪੰਜਾਬੀ ਲੇਖਕ ਸਭਾ ਚੰਡੀਗੜ੍ਹ, ਵਰਕਰਾਂ, ਮਜ਼ਦਰਾਂ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ, ਲੇਖਕ, ਕਵੀ, ਬੁੱਧੀਜੀਵੀ, ਅਧਿਆਪਕ, ਪ੍ਰੋਫੈਸਰ ਅਤੇ ਵਿਦਿਆਰਥੀ ਵੀ ਸ਼ਾਮਲ ਹੋਣਗੇ।

ਸਬੰਧਤ ਖ਼ਬਰ:

ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣ ਲਈ ਚੰਡੀਗੜ੍ਹ ‘ਚ ਪ੍ਰਦਰਸ਼ਨ; ਗ੍ਰਿਫਤਾਰੀਆਂ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,