October 9, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਦੇ ਮਾਮਲੇ ’ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਖ਼ਾਰਜ ਕਰਨ ਲਈ ਮੁਹਾਲੀ ਦੀ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ। ਇਸ ਕਦਮ ਦਾ ਰਾਜਸੀ ਤੌਰ ’ਤੇ ਤਿੱਖਾ ਵਿਰੋਧ ਹੋਇਆ ਹੈ ਅਤੇ ਇਸ ਨੂੰ ਬਾਦਲਾਂ ਤੇ ਅਮਰਿੰਦਰ ਦਰਮਿਆਨ ਸੁਲ੍ਹਾ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਅਦਾਲਤ ਨੇ ਸੂਬਾਈ ਸਰਕਾਰ ਤੇ ਵਿਧਾਨ ਸਭਾ ਦੇ ਸਕੱਤਰ ਨੂੰ ਨੋਟਿਸ ਜਾਰੀ ਕਰਕੇ 25 ਅਕਤੂਬਰ ਤੱਕ ਪੱਖ ਰੱਖਣ ਲਈ ਆਖਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਜੀਲੈਂਸ ਦੀ ਇਸ ਕਾਰਵਾਈ ਨਾਲ ਕੈਪਟਨ ਨੂੰ ਵੱਡੀ ਰਾਹਤ ਮਿਲਣ ਦੀ ਆਸ ਹੈ।
ਬੀਤੇ ਦਿਨੀਂ ਵਿਜੀਲੈਂਸ ਅਧਿਕਾਰੀਆਂ ਨੇ ਚੁੱਪ ਚੁਪੀਤੇ ਮੁਹਾਲੀ ਦੀ ਵਿਸ਼ੇਸ਼ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕਰਕੇ ਕੈਪਟਨ ਤੇ ਹੋਰਾਂ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਲਈ ਬੇਨਤੀ ਕੀਤੀ ਜਦੋਂ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਅਧਿਕਾਰੀ ਹਰੇਕ ਪੇਸ਼ੀ ’ਤੇ ਕੈਪਟਨ ਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੀ ਦੁਹਾਈ ਦਿੰਦੇ ਰਹੇ ਹਨ। ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੀ ਸਾਰੀ ਜ਼ਮੀਨ ’ਚੋਂ 32 ਏਕੜ ਲਈ ਛੋਟ ਦੇਣ ਬਾਰੇ ਬੇਨਿਯਮੀਆਂ ਦਾ ਦੋਸ਼ ਲਾਉਂਦੇ ਹੋਏ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ, ਸਾਬਕਾ ਮੰਤਰੀ ਕੇਵਲ ਕ੍ਰਿਸ਼ਨ ਸਮੇਤ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਕੱਤਰ ਨਛੱਤਰ ਸਿੰਘ ਮਾਵੀ, ਸਾਬਕਾ ਸੰਯੁਕਤ ਸਕੱਤਰ ਤਾਰਾ ਸਿੰਘ, ਬ੍ਰਿਗੇਡੀਅਰ (ਸੇਵਾਮੁਕਤ) ਗੁਰਚਰਨ ਸਿੰਘ ਖਾਰਾ, ਰਜਿੰਦਰ ਸ਼ਰਮਾ, ਅਸ਼ਵਨੀ ਕਾਲੇ ਸ਼ਾਹ, ਮਹੇਸ਼ ਖੰਨਾ, ਕ੍ਰਿਸ਼ਨ ਕੁਮਾਰ, ਸੁਭਾਸ਼ ਚੰਦ, ਦਲਜੀਤ ਸਿੰਘ, ਪਰਮਿੰਦਰ ਸਿੰਘ ਤੁੰਗ, ਰਾਜੀਵ ਭਗਤ, ਬਲਜੀਤ ਸਿੰਘ ਤੇ ਰੋਹਿਤ ਸ਼ਰਮਾ ਖ਼ਿਲਾਫ਼ ਪੰਜਾਬ ਵਿਜੀਲੈਂਸ ਥਾਣਾ ਫੇਜ਼-8 ’ਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਰਾਵਾਂ ਅਧੀਨ ਕੇਸ ਦਰਜ ਕੀਤਾ ਸੀ। ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ’ਚ ਚੱਲ ਰਹੀ ਹੈ। ਚੌਧਰੀ ਜਗਜੀਤ ਸਿੰਘ ਤੇ ਕੇਵਲ ਕ੍ਰਿਸ਼ਨ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਬ੍ਰਿਗੇਡੀਅਰ (ਸੇਵਾਮੁਕਤ) ਗੁਰਚਰਨ ਸਿੰਘ ਖਾਰਾ ਧੋਖਾਧੜੀ ਦੇ ਇੱਕ ਹੋਰ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਹਨ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਵਿਜੀਲੈਂਸ ਆਪਣਾ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦਾ ਇਸ ’ਚ ਕੋਈ ਦਖ਼ਲ ਨਹੀਂ ਹੈ।
Related Topics: Badal Dal, Captain Amrinder Singh Government, Congress Government in Punjab 2017-2022, corruption, Corruption in India, Parkash Singh Badal