ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿਚ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੇ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਲੰਘੀ 14 ਸਤੰਬਰ ਦੀ ਅਸੈਂਬਲੀ ਦੀ ਕਾਰਵਾਈ ਸਬੰਧੀ ਵੀਡੀਓ ਕਲਿਪ ਵਿਚ ਅਸੈਂਬਲੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਉਣ ਦੀ ਪੁਰਜ਼ੋਰ ਵਕਾਲਤ ਕੀਤੀ ਗਈ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਮੱਦੇਨਜ਼ਰ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਣ ਦਾ ਹਵਾਲਾ ਦਿੱਤਾ ਗਿਆ।
ਅਸੈਂਬਲੀ ਮੈਂਬਰਾਂ ਨੇ ਕਿਹਾ ਸੀ ਕਿ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨਾਲ ਸਾਡੇ ਸਾਰਿਆਂ ਦੀਆਂ ਭਾਵਨਾਵਾਂ ਵੀ ਜੁੜੀਆਂ ਹੋਈਆਂ ਹਨ। ਇਸਦੇ ਨਾਲ ਹੀ ਪਾਕਿਸਤਾਨ ਵਿਚ ਰਹਿੰਦੇ ਸਿੱਖ ਸ਼ਾਂਤੀ ਪਸੰਦ ਹਨ ਅਤੇ ਇਨ੍ਹਾਂ ਨੇ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਲਈ ਜ਼ਰੂਰੀ ਹੈ ਕਿ ਗੁਰੂ ਨਾਨਕ ਸਾਹਿਬ ਦੇ ਨਾਂ ‘ਤੇ ਬਣਨ ਵਾਲੀ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਵਿਖੇ ਬਣੇ। ਅਸੈਂਬਲੀ ਮੈਂਬਰਾਂ ਦੀ ਮੰਗ ‘ਤੇ ਗੌਰ ਕਰਦਿਆਂ ਅਸੈਂਬਲੀ ਵਿਚ ਭਰੋਸਾ ਦਿੱਤਾ ਗਿਆ ਕਿ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਈ ਜਾਵੇਗੀ।
ਇਸ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਕ ਇਤਿਹਾਸਕ ਫੈਸਲਾ ਹੈ ਅਤੇ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਹੋਈ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਸਥਾਨ ਬਦਲਣ ਦੀਆਂ ਚਰਚਾਵਾਂ ਨਾਲ ਸੰਗਤਾਂ ਵਿਚ ਰੋਸ ਦੀ ਭਾਵਨਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਜਿੱਥੇ ਅੰਤ੍ਰਿੰਗ ਕਮੇਟੀ ਵਿਚ ਮਤਾ ਪਾਸ ਕੀਤਾ ਗਿਆ ਸੀ, ਉਥੇ ਹੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਲਈ ਅਪੀਲ ਵੀ ਕੀਤੀ ਸੀ। ਉਨ੍ਹਾਂ ਇਕ ਵਾਰ ਫਿਰ ਲਹਿੰਦੇ ਪੰਜਾਬ ਦੇ ਸਮੂਹ ਅਸੈਂਬਲੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਦੇ ਅਨੁਕੂਲ ਕਰਾਰ ਦਿੱਤਾ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਦੀਆਂ ਦੋ ਯੂਨੀਵਰਸਿਟੀਆਂ ‘ਪੰਜਾਬ ਯੂਨੀਵਰਸਿਟੀ ਲਾਹੌਰ’ ਅਤੇ ਨੈਸ਼ਨਲ ਯੂਨੀਵਰਸਿਟੀ ਆਫ ਮਾਡਰਨ ਲੈਂਗੂਏਜ਼ ਇਸਲਾਮਾਬਾਦ’ ਵਿਚ ਐਮ.ਏ. ਪੰਜਾਬੀ ਦੇ ਸਿਲੇਬਸ ਵਿਚ ‘ਜਪੁ ਜੀ ਸਾਹਿਬ’ ਨੂੰ ਸ਼ਾਮਲ ਕਰਨ ਦਾ ਸਵਾਗਤ ਕੀਤਾ। ਇਸ ਪ੍ਰਾਪਤੀ ਲਈ ਪ੍ਰੋ: ਬਡੂੰਗਰ ਵੱਲੋਂ ਪਾਕਿਸਤਾਨੀ ਪੰਜਾਬ ਦੇ ਅਸੈਂਬਲੀ ਮੈਂਬਰ ਸ. ਰਮੇਸ਼ ਸਿੰਘ ਅਰੋੜਾ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ।