ਆਦਮਪੁਰ: ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਤਲੁਜ-ਯਮਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ‘ਤੇ ਦੋਗਲੀ ਨੀਤੀ ਵਰਤ ਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀ ਇਸ ਕੋਝੀ ਰਾਜਨੀਤੀ ਤੋਂ ਸੁਚੇਤ ਰਹਿਣ ਕਿਉਂ ਜੋ ਸਤਲੁਜ-ਯਮਨਾ ਲਿੰਕ ਨਹਿਰ ਦਾ ਮੁੱਦਾ ਪੰਜਾਬ ਦੀ ਖੇਤੀਬਾੜੀ ਦੀ ਹੋਂਦ ਨਾਲ ਜੁੜਿਆ ਹੈ।

ਅੱਜ ਇਥੇ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ ਵਪਾਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁੰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਪਰ ਦੂਜੇ ਪਾਸੇ ਦਿੱਲੀ ਪਹੁੰਚਦਿਆਂ ਹੀ ਉਹ ਹਰਿਆਣਾ ਦੇ ਪੱਖ ਵਿਚ ਭੁਗਤਣ ਦੀ ਗੱਲ ਕਰਕੇ ਪੰਜਾਬ ਦੀ ਪਿੱਠ ਵਿਚ ਛੂਰਾ ਮਾਰ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਕੇਜਰੀਵਾਲ ਵਲੋਂ ਬੁਣੇ ਇਸ ਝੂਠ ਦੇ ਜਾਲ ਵਿਚ ਨਹੀਂ ਫਸਣਗੇ ਅਤੇ ਸੂਬੇ ਦੇ ਲੋਕਾਂ ਨੂੰ ਇਹ ਚੰਗੀ ਤਰ੍ਹਾਂ ਅਹਿਸਾਸ ਹੈ ਕਿ ਕੌਣ ਉਨ੍ਹਾਂ ਦੀ ਭਲਾਈ ਕਰਨ ਵਾਲੇ ਹੈ ਤੇ ਕੌਣ ਝੂਠ ਦੀ ਸਿਆਸਤ ਕਰ ਰਿਹਾ ਹੈ।
ਪੰਜਾਬ ਕਾਂਗਰਸ ਪਾਸ ਕੋਈ ਮੁੱਦਾ ਨਾ ਹੋਣ ਦੀ ਗੱਲ ਕਰਦਿਆਂ ਉਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸੱਤਾ ਵਿਚ ਮੁੜ ਆਉਣ ਦੇ ਸੁਪਨੇ ਲੈ ਰਹੀ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਲੋਕਾਂ ਦੀ ਪਹੁੰਚ ਤੋਂ ਬਾਹਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਦਾ ਇਤਿਹਾਸ ਰੱਚ ਚੁੱਕੀ ਪੰਜਾਬ ਦੀ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਖਿਲਾਫ਼ ਪੰਜਾਬ ਕਾਂਗਰਸ ਪਾਸ ਕੋਈ ਮੁੱਦਾ ਨਾ ਹੋਣ ਕਾਰਨ ਇਹ ਪਾਰਟੀ ਗੁੰਮਰਾਹ ਕੁੰਨ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤੱਥਾਂ ਦੇ ਉਲਟ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਨੌਜਵਾਨਾਂ ਦਾ ਨਾਂਅ ਨਸ਼ਿਆਂ ਨਾਲ ਜੋੜ ਕੇ ਇਥੋਂ ਦੀ ਜਵਾਨੀ ਨੂੰ ਬਦਨਾਮ ਕਰਨ ਦੀ ਕੋਝੀ ਰਾਜਨੀਤੀ ਖੇਡੀ ਹੈ।