ਸੰਗਰੂਰ: ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਕੇਸ ਵਿੱਚ ਨਾਮਜ਼ਦ ਦਿੱਲੀ ਤੋਂ ‘ਆਪ’ ਦੇ ਵਿਧਾਇਕ ਨਰੇਸ਼ ਯਾਦਵ ਨੂੰ ਇੱਥੋਂ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਕੁਰਾਨ ਸਰੀਫ਼ ਬੇਅਦਬੀ ਮਾਮਲੇ ’ਚ ਨਰੇਸ਼ ਯਾਦਵ ਖ਼ਿਲਾਫ਼ ਦਰਜ ਕੇਸ ਵਿੱਚ ਦੇਸ਼ ਧ੍ਰੋਹ ਦੀ ਧਾਰਾ ਦਾ ਵਾਧਾ ਕਰ ਦਿੱਤਾ ਗਿਆ ਸੀ। ਨਰੇਸ਼ ਯਾਦਵ ਨੇ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਦੋਂਕਿ ਬੇਅਦਬੀ ਮਾਮਲੇ ਵਿੱਚ ਯਾਦਵ ਨੂੰ ਪਹਿਲਾਂ ਹੀ ਜ਼ਮਾਨਤ ਮਿਲੀ ਹੋਈ ਹੈ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਨਰੇਸ਼ ਯਾਦਵ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।

ਨਰੇਸ਼ ਯਾਦਵ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਤਪਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਉਨ੍ਹਾਂ ਅਦਾਲਤ ਵਿੱਚ ਪੱਖ ਰੱਖਿਆ ਸੀ ਕਿ ਪੁਲਿਸ ਜਾਣ-ਬੁੱਝ ਕੇ ਨਰੇਸ਼ ਯਾਦਵ ਨੂੰ ਮੁੜ ਜੇਲ੍ਹ ਭੇਜਣਾ ਚਾਹੁੰਦੀ ਹੈ, ਜਦੋਂਕਿ ਯਾਦਵ ਪਹਿਲਾਂ ਹੀ ਬੇਅਦਬੀ ਕੇਸ ਵਿੱਚ ਜ਼ਮਾਨਤ ’ਤੇ ਹੈ। ਇਸ ਕੇਸ ਵਿੱਚ ਪੁਲਿਸ ਨੇ ਯਾਦਵ ਖ਼ਿਲਾਫ਼ ਸਿਆਸੀ ਰੰਜ਼ਿਸ਼ ਤਹਿਤ ਦੇਸ਼ ਧ੍ਰੋਹ ਦੀ ਧਾਰਾ ਦਾ ਵਾਧਾ ਕੀਤਾ ਹੈ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਰੇਸ ਯਾਦਵ ਨੂੰ ਦੇਸ਼ ਧ੍ਰੋਹ ਮਾਮਲੇ ਵਿੱਚ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ।