ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁਤਵਾਜ਼ੀ ਜਥੇਦਾਰਾਂ ਤੋਂ ਬਾਅਦ ਪੰਥਕ ਰੋਹ ਨੂੰ ਦੇਖਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਪਾਬੰਦੀ ਦਾ ਐਲਾਨ ਕਰ ਦਿੱਤਾ ਹੈ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਫਿਲਮ ਦੀ ਰਿਲੀਜ਼ ਖਿਲਾਫ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ।

ਜਿਕਰਯੋਗ ਹੈ ਕਿ ਇਸ ਫਿਲਮ ਵਿਚ ਸਿੱਖ ਸਿਧਾਂਤਾਂ ਖਿਲਾਫ ਜਾ ਕੇ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੇ ਗੁਰਸਿੱਖਾਂ ਨੂੰ ਫਿਲਮਾਉਣ ਖਿਲਾਫ ਸਿੱਖ ਜਗਤ ਦਾ ਰੋਹ ਦਿਨੋ ਦਿਨ ਵੱਧਦਾ ਜਾ ਰਿਹਾ ਹੈ।
ਪਰ ਦੂਜੇ ਪਾਸੇ ਹੁਣ ਤਕ ਫਿਲਮ ਦਾ ਨਿਰਮਾਤਾ ਹਰਿੰਦਰ ਸਿੱਕਾ 13 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਨੂੰ ਵਾਪਿਸ ਲੈਣ ਲਈ ਤਿਆਰ ਨਹੀਂ ਹੈ, ਜਦਕਿ ਸਮੁੱਚੀਆਂ ਸਿੱਖ ਜਥੇਬੰਦੀਆਂ ਵਲੋਂ ਇਸ ਫਿਲਮ ਨੂੰ ਸਿੱਖ ਸਿਧਾਂਤ ਵਿਰੋਧੀ ਦਸਦਿਆਂ ਇਸ ‘ਤੇ ਪਾਬੰਦੀ ਦੀ ਮੰਗ ਕੀਤੀ ਗਈ ਹੈ।
ਅੱਜ ਮੀਡੀਆ ਨਾਲ ਗੱਲ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਫਿਲਮ ਨੂੰ ਕਿਸੇ ਵੀ ਕੀਮਤ ‘ਤੇ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਇਸ ਫਿਲਮ ਖਿਲਾਫ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਜਾਣ।
ਸਿੱਖ ਸੈਂਸਰ ਬੋਰਡ ਬਣਾਉਣ ਦਾ ਐਲਾਨ
ਇਸ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਐਲਾਨ ਕੀਤਾ ਕਿ ਭਵਿੱਖ ਵਿਚ ਇਸ ਤਰ੍ਹਾਂ ਦੇ ਵਿਵਾਦ ਤੋਂ ਬਚਣ ਲਈ ਸਿੱਖ ਸੈਂਸਰ ਬੋਰਡ ਬਣਾਇਆ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਨੁਮਾਂਇੰਦੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਂਇੰਦੇ, ਸੰਤ ਸਮਾਜ, ਸਿੱਖ ਜਥੇਬੰਦੀਆਂ ਦੇ ਨੁਮਾਂਇੰਦੇ, ਸਿੱਖ ਇਤਿਹਾਸਕਾਰ, ਬੁੱਧੀਜੀਵੀ, ਧਾਰਮਿਕ ਸਖਸ਼ੀਅਤਾਂ ਅਤੇ ਫਿਲਮਸਾਜਾਂ ਨੂੰ ਸ਼ਾਮਿਲ ਕੀਤਾ ਜਾਵੇਗਾ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਧਰਮ ਬਾਰੇ ਕੋਈ ਵੀ ਫਿਲਮ ਬਣਾਉਣ ਤੋਂ ਪਹਿਲਾਂ ਇਸ ਸੈਂਸਰ ਬੋਰਡ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸੈਂਸਰ ਬੋਰਡ ਦੀ ਸਲਾਹ ‘ਤੇ ਫਿਲਮ ਬਾਰੇ ਆਖਰੀ ਫੈਂਸਲਾ ਅਕਾਲ ਤਖ਼ਤ ਸਾਹਿਬ ਤੋਂ ਹੋਵੇਗਾ।