ਬਨੂੜ (4 ਫਰਵਰੀ, 2015): ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਵਿਵਾਦਤ ਸਤਲੁਜ਼-ਯੁਮਨਾ ਲਿੰਕ ਨਹਿਰ ਰਾਹੀਂ ਪੰਜਾਬ ਤੋਂ ਪਾਣੀ ਲੈਣ ਲਈ ਭਾਰਤੀ ਸੁਪਰੀਮ ਕੋਰਟ ਜਾਣ ਦੀਆਂ ਖਬਰਾਂ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਵਿੱਚੋਂ ਕੀਤੀ ਜਾ ਰਹੀ ਪਾਣੀ ਦੀ ਮੰਗ ਨੂੰ ਗ਼ੈਰ ਵਾਜਿਬ ਦੱਸਿਦਿਆਂ ਉਨ੍ਹਾਂ ਕਿਹਾ ਕਿ ਨਦੀਆਂ ਦੇ ਪਾਣੀਆਂ ਦਾ ਮਾਮਲਾ ਵਿਸ਼ਵ ਪੱਧਰ ਉਤੇ ਪ੍ਰਵਾਨਿਤ ਰਿਪੇਰੀਅਨ ਕਾਨੂੰਨ ਅਨੁਸਾਰ ਹੀ ਹੱਲ ਹੋਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਹੋਰ ਕੋਈ ਵੀ ਪ੍ਰਵਾਨਿਤ ਫਾਰਮੂਲਾ ਨਹੀਂ ਹੈ।
ਮੁੱਖ ਮੰਤਰੀ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਦਿਖਾਏ ਜਾ ਰਹੇ ਸਰਵੇਖਣ ਬੁਰੀ ਤਰ੍ਹਾਂ ਫ਼ੇਲ੍ਹ ਹੋਣਗੇ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦਿੱਲੀ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਗਠਜੋੜ ਦੇ ਹੱਕ ਵਿੱਚ ਪੂਰੀ ਹਵਾ ਚੱਲ ਰਹੀ ਹੈ।
ਬਾਦਲ ਨੇ ਕਿਹਾ ਕਿ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮੀਡੀਆ ਵੱਲੋਂ ਕੀਤੇ ਗਏ ਸਰਵੇਖਣਾਂ ਦੇ ਫ਼ੇਲ੍ਹ ਹੋਣ ਵਾਂਗ ਦਿੱਲੀ ਵਿੱਚ ਵੀ ਕੀਤੇ ਜਾਣ ਵਾਲੇ ਸਰਵੇਖਣ ਫੇਲ੍ਹ ਹੋ ਜਾਣਗੇ।