
ਨਵੀਂ ਦਿੱਲੀ: ਭਾਜਪਾ ਵੱਲੋਂ ਰਾਜ ਸਭਾ ਦੇ ਮੈਂਬਰਾਂ ਦੀ ਨਿਯੂਕਤੀ ਲਈ ਜਾਰੀ ਕੀਤੀ ਸੂਚੀ ਪੰਜਾਬ ਤੋਂ ਨਵਜੋਤ ਸਿੱਧੂ ਸਿੱਧੁ ਦਾ ਨਾਮ ਸ਼ਾਮਲ ਕੀਤਾ ਗਿਆ ਹੈ।ਕ੍ਰਿਕਟ ਤੋਂ ਸਿਆਸਤ ਵਿੱਚ ਆਏ ਸਿੱਧੂ ਅੰਮ੍ਰਿਤਸਰ ਤੋਂ ਤਿੰਨ ਵਾਰ ਲੋਕ ਸਭਾ ਮੈਂਬਰ ਰਹੇ ਹਨ।
ਮੀਡੀਆ ਵਿੱਚ ਨਸ਼ਰ ਖਬਰਾਂ ਅਨੁਸਾਰ ਆਮ ਆਦਮੀ ਪਾਰਟੀ ਵੱਲ ਝੂਕਾਅ ਰੱਖ ਰਹੇ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਜਾਣ ਤੋਂ ਰੋਕਣ ਲਈ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਹੈ। ਸਿੱਧੂ ਬਾਰੇ ਖ਼ਬਰਾਂ ਸਨ ਕਿ ‘ਆਪ’ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖ ਰਹੀ ਹੈ।
ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਮੋਦੀ ਸਰਕਾਰ ਵੱਲੋਂ ਵੱਖ ਵੱਖ ਖੇਤਰਾਂ ’ਚੋਂ ਸਿਫਾਰਸ਼ ਕੀਤੀਆਂ ਛੇ ਸ਼ਖ਼ਸੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਨਾਮਜ਼ਦਗੀ ਸਬੰਧੀ ਰਸਮੀ ਨੋਟੀਫਿਕੇਸ਼ਨ ਉਪਰਲੇ ਸਦਨ ਨੂੰ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ।
ਰਾਸ਼ਟਰਪਤੀ ਵੱਲੋਂ ਸਰਕਾਰ ਦੀ ਸਲਾਹ ’ਤੇ ਸਾਹਿਤ, ਵਿਗਿਆਨ, ਖੇਡਾਂ, ਕਲਾ ਤੇ ਹੋਰ ਸਮਾਜ ਸੇਵਾ ਦੇ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਰਾਜ ਸਭਾ ਦੇ ਮੈਂਬਰ ਨਾਮਜ਼ਦ ਕੀਤਾ ਜਾਂਦਾ ਹੈ।