ਅੰਮ੍ਰਿਤਸਰ (6 ਸਤੰਬਰ, 2015): ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਸਿੱਖ ਸੰਸਥਾਵਾਂ ਨੂੰ ਲੱਗ ਰਹੀ ਢਾਹ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਕਮੇਟੀ ਵਿਚਾਲੇ ਸ਼ੁਰੂ ਹੋਈ ਖਿੱਚੋਤਾਣ ਦਾ ਵਿਰੋਧ ਕਰਦਿਆਂ ਉਨ੍ਹਾਂ ਇਸ ਸਥਿਤੀ ਲਈ ਮੌਜੂਦਾ ਹੁਕਮਰਾਨਾਂ ਨੂੰ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ ਉਹ ਆਪਣੇ ਮੁਫਾਦਾਂ ਲਈ ਸਿੱਖ ਸੰਸਥਾਵਾਂ ਦੇ ਨੂੰ ਢਾਹ ਲਾ ਰਹੇ ਹਨ।
ਉਨ੍ਹਾਂ ਆਖਿਆ ਕਿ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਮੁਖੀ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦਾ ਯਤਨ ਕਰ ਰਹੇ ਹਨ ਅਤੇ ਇਹ ਦਾਅਵਾ ਵੀ ਕਰ ਰਹੇ ਹਨ ਕਿ ਉਹ ਸਿੱਖ ਸੰਸਥਾਵਾਂ ਦੀ ਸਮੁੱਚੀ ਕਾਰਵਾਈ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਆਦੇਸ਼ਾਂ ’ਤੇ ਚਲਾ ਰਹੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਿੱਖ ਸੰਸਥਾਵਾਂ ਨੂੰ ਸਿਆਸੀ ਮੁਫਾਦਾਂ ਵਾਸਤੇ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਸੰਸਥਾਵਾਂ ਦੇ ਸਿਧਾਂਤ, ਵਿਚਾਰਧਾਰਾ ਤੇ ਕਦਰਾਂ ਕੀਮਤਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫ਼ਿਲਮ ‘ਸਿੰਘ ਇਜ਼ ਬਲਿੰਗ’ ਦੇ ਮਾਮਲੇ ਨੂੰ ਲੈ ਕੇ ਦੋਵੇਂ ਸਿੱਖ ਸੰਸਥਾਵਾਂ ਦੇ ਮੁਖੀਆਂ ਵੱਲੋਂ ਜਿਸ ਢੰਗ ਨਾਲ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ਇਨ੍ਹਾਂ ਵਿੱਚ ਆਪਸੀ ਤਾਲਮੇਲ ਅਤੇ ਸਮਝ ਦੀ ਘਾਟ ਹੈ।
ਉਨ੍ਹਾਂ ਕਿਹਾ ਕਿ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਵੱਲੋਂ ਇਸ ਬਾਰੇ ਦਿੱਤੇ ਬਿਆਨਾਂ ਤੋਂ ਸਪਸ਼ਟ ਹੁੰਦਾ ਹੈ ਕਿ ਸਿਆਸੀ ਦਖ਼ਲ ਅੰਦਾਜ਼ੀ ਕਾਰਨ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦੀ ਕਾਰਜ ਪ੍ਰਣਾਲੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਆਖਿਆ ਕਿ ਇਸ ਵੇਲੇ ਸਿੱਖ ਕੌਮ ਵਿੱਚ ਅੰਦਰੂਨੀ ਸਥਿਤੀ ਠੀਕ ਨਹੀਂ ਹੈ ਅਤੇ ਲੋਕਾਂ ਵਿੱਚ ਸਿਆਸੀ ਤੇ ਧਾਰਮਿਕ ਆਗੂਆਂ ਪ੍ਰਤੀ ਬੇਭਰੋਸਗੀ ਪੈਦਾ ਹੋ ਚੁੱਕੀ ਹੈ।
