ਅੰਮ੍ਰਿਤਸਰ: 4 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ ‘ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਅਾਪਣੀ ਮਹੀਨਾਵਾਰ ਮੀਟਿੰਗ ‘ਚ ਫ਼ੈਸਲਾ ਲਿਅਾ ਕਿ ਜਥੇਬੰਦੀ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਦਾ ਸਮਰਥਨ ਕਰੇਗੀ।
ਮੀਟਿੰਗ ‘ਚ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਅਾਂ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀਅਾਂ ਬੇਅਦਬੀਅਾਂ ਦੀਆਂ ਘਟਨਾਵਾਂ ਲਈ ਬਾਦਲ-ਭਾਜਪਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ‘ਚ ਪੰਜਾਬ ਦੇ ਲੋਕ ਬਾਦਲਕਿਅਾਂ ਤੇ ਭਾਜਪਾੲੀਆਂ ਨੂੰ ਜ਼ਰੂਰ ਸਬਕ ਸਿਖਾਉਣ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਰੋਸ ‘ਚ ਧਰਨੇ ‘ਤੇ ਬੈਠੀਅਾਂ ਸਿੱਖ ਸੰਗਤਾਂ ‘ਤੇ ਪੰਜਾਬ ਪੁਲਿਸ ਵਲੋਂ ਗੋਲੀਆਂ ਚਲਾ ਕੇ ਦੋ ਸਿੱਖ ਸ਼ਹੀਦ ਕਰ ਦਿੱਤੇ ਜਾਂਦੇ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ‘ਅਣਪਛਾਤੀ’ ਪੁਲਿਸ ਕਹਿ ਲੋਕਾਂ ਦੀਆਂ ਅੱਖਾਂ ਵਿਚ ਧੂੜ ਪਾਉਂਦੇ ਹਨ।

ਆਗੂਆਂ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਬਾਦਲ ਪਰਿਵਾਰ ਸਿੱਖ ਵਿਰੋਧੀ ਡੇਰੇਦਾਰਾਂ ਦੀਆਂ ਵੋਟਾਂ ਲੈਣ ਲਈ ਅਕਾਲ ਤਖ਼ਤ ਸਾਹਿਬ ਦੇ ‘ਹੁਕਮਨਾਮਿਆਂ’ ਦੀ ਵੀ ਪਰਵਾਹ ਨਹੀਂ ਕਰ ਰਿਹਾ। ਆਗੂਆਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵੀ ਪੰਜਾਬ ਅਤੇ ਪੰਥ ਦਾ ਕੋਈ ਭਲਾ ਨਹੀਂ ਕਰੇਗੀ ਤੇ ਝੂਠੇ ਇਨਕਲਾਬ ਦੇ ਨਾਂਅ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਫ਼ੈਡਰਸ਼ਨ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਬਿਹਤਰੀ ਲੲੀ ਅਤੇ ਸਿੱਖ ਹੱਕਾਂ ਲੲੀ ਜੱਦੋ-ਜਹਿਦ ਕਰਨ ਵਾਲੀ ਪਾਰਟੀ ਨੂੰ ਹੀ ਵੋਟਾਂ ਪਾਉਣ ਅਤੇ ਆਪੋ ਆਪਣੇ ਹਲਕੇ ਦੇ ਚੰਗੇ ਉਮੀਦਵਾਰਾਂ ਦਾ ਸਾਥ ਦੇਣ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ ਟੋਨੀ, ਸੰਦੀਪ ਸਿੰਘ ਫ਼ੌਜੀ, ਬਲਵੀਰ ਸਿੰਘ, ਪਾਰਸ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।